MP ਲੈਂਡ ਫੰਡ ‘ਚੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਪੂਰੀ ਸਹਾਇਤਾ ਕੀਤੀ ਜਾਵੇਗੀ: ਰਾਘਵ ਚੱਢਾ…

ਦੀਨਾਨਗਰ – ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਹਾਲੀਆ ਭਾਰੀ ਮੀਂਹ ਕਾਰਨ ਪੈਦੇ ਹੋਏ ਹੜ੍ਹ ਨੇ ਲੋਕਾਂ ਦੇ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਖੇਤਾਂ ਵਿੱਚ ਖੜ੍ਹੀਆਂ ਫ਼ਸਲਾਂ ਤਬਾਹ ਹੋ ਗਈਆਂ ਹਨ, ਘਰਾਂ ਵਿੱਚ ਪਾਣੀ ਵੜ ਗਿਆ ਹੈ ਅਤੇ ਸੈਂਕੜੇ ਪਰਿਵਾਰ ਰਾਹਤ ਦੀ ਉਡੀਕ ਕਰ ਰਹੇ ਹਨ। ਇਸ ਗੰਭੀਰ ਹਾਲਾਤ ਦਾ ਜਾਇਜ਼ਾ ਲੈਣ ਲਈ ਰਾਜਸਭਾ ਮੈਂਬਰ ਰਾਘਵ ਚੱਢਾ ਅੱਜ ਖ਼ਾਸ ਦੌਰੇ ‘ਤੇ ਦੀਨਾਨਗਰ ਪਹੁੰਚੇ।

ਰਾਘਵ ਚੱਢਾ ਨੇ ਟਰੈਕਟਰ ‘ਤੇ ਬੈਠ ਕੇ ਸਰਹੱਦੀ ਪਿੰਡਾਂ ਵਿੱਚ ਹੜ੍ਹ ਨਾਲ ਪੀੜਤ ਇਲਾਕਿਆਂ ਦਾ ਮੌਕਾ ਮੁਆਇਨਾ ਕੀਤਾ। ਇਸ ਤੋਂ ਬਾਅਦ ਉਹ ਗੁਰਦਾਸਪੁਰ ਦੇ ਪਿੰਡ ਸਰਾਵਾਂ ਪਹੁੰਚੇ, ਜਿੱਥੇ ਲੋਕਾਂ ਲਈ ਰਾਹਤ ਸਮੱਗਰੀ ਭੇਜਣ ਲਈ ਉਨ੍ਹਾਂ ਵੱਲੋਂ ਟਰੈਕਟਰਾਂ ਦੀ ਰਵਾਨਗੀ ਕੀਤੀ ਗਈ।

ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਹੜ੍ਹ ਨਾਲ ਪ੍ਰਭਾਵਿਤ ਹੋਏ ਹਰ ਘਰ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਆਪਣੇ ਐਮ.ਪੀ. ਲੈਂਡ ਫੰਡ ਵਿਚੋਂ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਖ਼ਾਸ ਰਕਮ ਜਾਰੀ ਕਰਵਾਈ ਜਾਵੇਗੀ। ਚੱਢਾ ਨੇ ਕਿਹਾ ਕਿ ਇਸ ਫੰਡ ਦੇ ਜ਼ਰੀਏ ਇਲਾਕੇ ਵਿੱਚ ਹੋਈ ਤਬਾਹੀ ਦੀ ਭਰਪਾਈ ਕਰਨ ਵਿੱਚ ਮਦਦ ਮਿਲੇਗੀ ਅਤੇ ਪ੍ਰਭਾਵਿਤ ਪਰਿਵਾਰਾਂ ਦੀ ਤੁਰੰਤ ਸਹਾਇਤਾ ਯਕੀਨੀ ਬਣਾਈ ਜਾਵੇਗੀ।

ਰਾਘਵ ਚੱਢਾ ਨੇ ਇਹ ਵੀ ਕਿਹਾ ਕਿ ਉਹ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਗੇ ਤਾਂ ਜੋ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਵਾਧੂ ਵਿੱਤੀ ਸਹਾਇਤਾ ਪ੍ਰਾਪਤ ਹੋ ਸਕੇ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਲੋਕਾਂ ਨੂੰ ਦੁਬਾਰਾ ਸੁਚਾਰੂ ਜੀਵਨ ਜੀਊਣ ਲਈ ਸਰਕਾਰ ਵੱਲੋਂ ਹਰ ਪੱਧਰ ‘ਤੇ ਮਦਦ ਮੁਹੱਈਆ ਕਰਵਾਈ ਜਾਵੇਗੀ।

ਇਸ ਦੌਰਾਨ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ, ਪੰਜਾਬ ਹੈਲਥ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਐਡਿਸ਼ਨਲ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ, ਐਸਡੀਐਮ ਦੀਨਾਨਗਰ ਜਸਪਿੰਦਰ ਸਿੰਘ ਭੁੱਲਰ ਸਮੇਤ ਕਈ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।

Comments

Leave a Reply

Your email address will not be published. Required fields are marked *