ਚੰਡੀਗੜ੍ਹ : ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੜ੍ਹ ਦੀ ਸਥਿਤੀ ਪੈਦਾ ਹੋ ਚੁੱਕੀ ਹੈ। ਇਸ ਸੰਗੀਨ ਹਾਲਾਤ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਸੂਬੇ ਦੇ ਸਾਰੇ ਕਾਲਜਾਂ, ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ਨੂੰ 3 ਸਤੰਬਰ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਪਲੇਟਫਾਰਮ X (ਪਹਿਲਾਂ ਟਵਿੱਟਰ) ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਵਿਦਿਆਰਥੀਆਂ, ਅਧਿਆਪਕਾਂ ਅਤੇ ਸਿੱਖਿਆ ਸੰਸਥਾਵਾਂ ਦੇ ਸਟਾਫ਼ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰੀ ਬਾਰਿਸ਼ ਕਾਰਨ ਕਈ ਇਲਾਕਿਆਂ ਵਿੱਚ ਸੜਕਾਂ ਡੁੱਬ ਚੁੱਕੀਆਂ ਹਨ, ਆਵਾਜਾਈ ਪ੍ਰਭਾਵਿਤ ਹੋਈ ਹੈ ਅਤੇ ਜਾਨਮਾਲ ਦੇ ਨੁਕਸਾਨ ਦੇ ਖ਼ਤਰੇ ਵੱਧ ਗਏ ਹਨ। ਇਸ ਕਾਰਨ ਵਿਦਿਆਰਥੀਆਂ ਦਾ ਘਰਾਂ ਵਿੱਚ ਸੁਰੱਖਿਅਤ ਰਹਿਣਾ ਸਭ ਤੋਂ ਵਧੀਆ ਵਿਕਲਪ ਹੈ।
ਮੰਤਰੀ ਨੇ ਹੋਸਟਲਾਂ ਵਿੱਚ ਰਹਿ ਰਹੇ ਵਿਦਿਆਰਥੀਆਂ ਬਾਰੇ ਵੀ ਖ਼ਾਸ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਹੋਸਟਲਾਂ ਵਿੱਚ ਰਹਿ ਰਹੇ ਵਿਦਿਆਰਥੀਆਂ ਦੀ ਪੂਰੀ ਜ਼ਿੰਮੇਵਾਰੀ ਸੰਬੰਧਿਤ ਪ੍ਰਬੰਧਕਾਂ ਦੀ ਹੋਵੇਗੀ। ਉਨ੍ਹਾਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਕੀਤੀ ਜਾਵੇ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਬੇਨਤੀ ਕੀਤੀ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ ਤਾਂ ਜੋ ਕਿਸੇ ਵੀ ਸੰਭਾਵਿਤ ਹਾਦਸੇ ਤੋਂ ਬਚਿਆ ਜਾ ਸਕੇ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਨੇ ਰਾਜ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ 3 ਸਤੰਬਰ ਤੱਕ ਬੰਦ ਕਰਨ ਦਾ ਫ਼ੈਸਲਾ ਕੀਤਾ ਸੀ। ਸਕੂਲਾਂ ਬੰਦ ਕਰਨ ਦੇ ਫ਼ੈਸਲੇ ਪਿੱਛੇ ਵੀ ਮੁੱਖ ਕਾਰਨ ਬਾਰਿਸ਼ ਕਾਰਨ ਬਣ ਰਹੀ ਹੜ੍ਹਾਂ ਦੀ ਸਥਿਤੀ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਸੀ। ਹਾਲਾਂਕਿ, ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਇਹ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ ਕਿ ਕੁਝ ਨਿੱਜੀ ਸਕੂਲਾਂ ਨੇ ਸਰਕਾਰ ਦੇ ਹੁਕਮਾਂ ਦੀ ਅਣਦੇਖੀ ਕਰਦਿਆਂ ਛੁੱਟੀਆਂ ਦੌਰਾਨ ਵੀ ਅਧਿਆਪਕਾਂ ਨੂੰ ਜ਼ਬਰਦਸਤੀ ਸਕੂਲ ਬੁਲਾਇਆ। ਇਸ ਨੂੰ ਲੈ ਕੇ ਮਾਪਿਆਂ ਅਤੇ ਅਧਿਆਪਕਾਂ ਵਿਚ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ।
ਪੰਜਾਬ ਦੇ ਹਾਲਾਤਾਂ ਨੂੰ ਵੇਖਦਿਆਂ ਸਪਸ਼ਟ ਹੈ ਕਿ ਸਰਕਾਰ ਵੱਲੋਂ ਸਿੱਖਿਆ ਸੰਸਥਾਵਾਂ ਨੂੰ ਬੰਦ ਰੱਖਣ ਦਾ ਫ਼ੈਸਲਾ ਇੱਕ ਜ਼ਰੂਰੀ ਅਤੇ ਸਮੇਂਸਿਰ ਕਦਮ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਮੌਸਮ ਦੀ ਸਥਿਤੀ ਹੋਰ ਵਿਗੜਦੀ ਹੈ ਤਾਂ ਛੁੱਟੀਆਂ ਨੂੰ ਅੱਗੇ ਵਧਾਉਣ ਬਾਰੇ ਵੀ ਵਿਚਾਰਿਆ ਜਾ ਸਕਦਾ ਹੈ।
Leave a Reply