ਸ੍ਰੀ ਮੁਕਤਸਰ ਸਾਹਿਬ ਤੋਂ ਵੱਡੀ ਖ਼ਬਰ : ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਮਾਡਿਊਲ ਬੇਨਕਾਬ, ਦੋ ਵਿਅਕਤੀ ਗ੍ਰਿਫ਼ਤਾਰ, ਪਿਸਤੌਲ ਤੇ ਜ਼ਿੰਦਾ ਕਾਰਤੂਸ ਬਰਾਮਦ…

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਪੁਲਿਸ ਨੇ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਖ਼ਿਲਾਫ਼ ਆਪਣੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮਲੋਟ ਇਲਾਕੇ ਵਿੱਚ ਵਿਸ਼ੇਸ਼ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸਦੀ ਪਛਾਣ ਰਵੀ ਸਿੰਘ ਪੁੱਤਰ ਮਿੱਠੂ ਸਿੰਘ, ਵਾਸੀ ਪਿੰਡ ਛੋਟਾ ਮੇਗਾ ਰਾਏ ਉੱਤਰਾ, ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। ਉਸਦੇ ਕੋਲੋਂ ਦੋ 9 ਐਮਐਮ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਰਵੀ ਸਿੰਘ ਦੇ ਸਿੱਧੇ ਸੰਬੰਧ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਹਨ, ਜੋ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੇ ਅਤੇ ਹਥਿਆਰ ਭੇਜਦੇ ਹਨ। ਪੁਲਿਸ ਵੱਲੋਂ ਹੋਰ ਜਾਂਚ ਅੱਗੇ ਵਧਾਉਣ ਤੋਂ ਬਾਅਦ ਸੰਦੀਪ ਕੁਮਾਰ ਉਰਫ਼ ਰਾਜੂ ਲਾਂਬਾ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਵੱਡਾ ਮੇਘਾਰਾਏ ਉੱਤਰਾ, ਜ਼ਿਲ੍ਹਾ ਫਿਰੋਜ਼ਪੁਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਦੋਵੇਂ ਦੋਸ਼ੀ ਡਰੋਨ ਰਾਹੀਂ ਸੁੱਟੀਆਂ ਗਈਆਂ ਖੇਪਾਂ ਨੂੰ ਪ੍ਰਾਪਤ ਕਰਦੇ ਸਨ ਅਤੇ ਫਿਰ ਇਨ੍ਹਾਂ ਹਥਿਆਰਾਂ ਨੂੰ ਸਥਾਨਕ ਨੈੱਟਵਰਕ ਰਾਹੀਂ ਅੱਗੇ ਸਪਲਾਈ ਕਰਦੇ ਸਨ। ਇਹ ਮਾਡਿਊਲ ਪੂਰੀ ਤਰ੍ਹਾਂ ਪਾਕਿਸਤਾਨੀ ਹੈਂਡਲਰਾਂ ਨਾਲ ਜੁੜਿਆ ਹੋਇਆ ਸੀ, ਜੋ ਭਾਰਤ ਵਿੱਚ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਨੂੰ ਅੰਜਾਮ ਦਿੰਦੇ ਹਨ।

ਇਸ ਸਬੰਧੀ ਥਾਣਾ ਸਿਟੀ ਮਲੋਟ ਵਿੱਚ ਐਫਆਈਆਰ ਨੰਬਰ 170 ਮਿਤੀ 3 ਅਕਤੂਬਰ 2025 ਦੇ ਤਹਿਤ ਧਾਰਾ 25 ਅਸਲਾ ਐਕਟ 1959 ਅਧੀਨ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਤਕਨੀਕੀ ਅਤੇ ਵਿੱਤੀ ਜਾਂਚ ਰਾਹੀਂ ਇਸ ਗੈਰ-ਕਾਨੂੰਨੀ ਨੈੱਟਵਰਕ ਦੇ ਹੋਰ ਲਿੰਕਾਂ ਦੀ ਪੜਤਾਲ ਕਰ ਰਹੀ ਹੈ ਤਾਂ ਜੋ ਪੂਰੇ ਮਾਡਿਊਲ ਨੂੰ ਪੂਰੀ ਤਰ੍ਹਾਂ ਤੋੜਿਆ ਜਾ ਸਕੇ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਡਾ. ਅਖਿਲ ਚੌਧਰੀ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਇਰਾਂ ਅਤੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਨਿਰੰਤਰ ਛਾਪੇ ਮਾਰੇ ਜਾ ਰਹੇ ਹਨ।

Comments

Leave a Reply

Your email address will not be published. Required fields are marked *