ਚੰਡੀਗੜ੍ਹ – ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਆਪਣੇ ਦੋ ਦਿਨਾਂ ਦੇ ਗੁਹਾਟੀ (ਅਸਾਮ) ਦੌਰੇ ਦੌਰਾਨ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵਿਸਥਾਰਪੂਰਵਕ ਮੁਲਾਕਾਤ ਕੀਤੀ। ਇਹ ਮੀਟਿੰਗ ਕੋਇਨਾਧਾਰਾ ਗੈਸਟ ਹਾਊਸ ਵਿਖੇ ਹੋਈ, ਜਿਸ ਦੌਰਾਨ ਦੋਹਾਂ ਨੇਤਾਵਾਂ ਨੇ ਪੰਜਾਬ ਅਤੇ ਚੰਡੀਗੜ੍ਹ ਨਾਲ ਸੰਬੰਧਿਤ ਅਹਿਮ ਮੁੱਦਿਆਂ ‘ਤੇ ਗੰਭੀਰ ਚਰਚਾ ਕੀਤੀ।
ਰਾਜਪਾਲ ਕਟਾਰੀਆ ਨੇ ਕੇਂਦਰੀ ਗ੍ਰਹਿ ਮੰਤਰੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਕਿ ਹਾਲ ਹੀ ਵਿੱਚ ਚੰਡੀਗੜ੍ਹ ਨਗਰ ਨਿਗਮ ਲਈ 125 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਰਕਮ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸੜਕਾਂ, ਪਾਣੀ ਸਪਲਾਈ ਪ੍ਰਣਾਲੀ, ਸਫ਼ਾਈ ਪ੍ਰਬੰਧ ਅਤੇ ਹੋਰ ਨਾਗਰਿਕ ਸਹੂਲਤਾਂ ਨੂੰ ਅਧੁਨਿਕ ਰੂਪ ਦੇਣ ਲਈ ਬਹੁਤ ਸਹਾਇਕ ਸਿੱਧ ਹੋਵੇਗੀ। ਰਾਜਪਾਲ ਨੇ ਇਸ ਗ੍ਰਾਂਟ ਨੂੰ ਚੰਡੀਗੜ੍ਹ ਦੇ ਵਿਕਾਸ ਲਈ ਇਕ ਵੱਡਾ ਕਦਮ ਦੱਸਿਆ।
ਇਸ ਦੌਰਾਨ ਰਾਜਪਾਲ ਨੇ ਪੰਜਾਬ ਵਿੱਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਦੇ ਹਾਲਾਤਾਂ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕਿਵੇਂ ਕਈ ਜ਼ਿਲ੍ਹਿਆਂ ਦੇ ਪਿੰਡ ਹੜ੍ਹ ਦੀ ਚਪੇਟ ਵਿੱਚ ਆ ਚੁੱਕੇ ਹਨ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਣ ਲਈ ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਜਾਰੀ ਹਨ। ਕਟਾਰੀਆ ਨੇ ਕੇਂਦਰੀ ਮੰਤਰੀ ਨੂੰ ਪ੍ਰਭਾਵਿਤ ਖੇਤਰਾਂ ਦੀ ਮੌਜੂਦਾ ਸਥਿਤੀ, ਹੁਣ ਤੱਕ ਕੀਤੇ ਗਏ ਰਾਹਤ ਉਪਰਾਲਿਆਂ ਅਤੇ ਅੱਗੇ ਲਈ ਕੇਂਦਰ ਤੋਂ ਮਿਲ ਸਕਦੇ ਸੰਭਾਵੀ ਸਹਿਯੋਗ ਬਾਰੇ ਵੀ ਜਾਣੂ ਕਰਵਾਇਆ।
ਮੀਟਿੰਗ ਦੌਰਾਨ ਦੋਹਾਂ ਨੇਤਾਵਾਂ ਨੇ ਖੇਤਰੀ ਵਿਕਾਸ, ਜਨ ਸੇਵਾ, ਆਪਦਾ ਪ੍ਰਬੰਧਨ ਅਤੇ ਭਵਿੱਖ ਦੀਆਂ ਚੁਣੌਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਂਝੀ ਰਣਨੀਤੀ ਬਣਾਉਣ ਦੀ ਲੋੜ ‘ਤੇ ਵੀ ਚਰਚਾ ਕੀਤੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜਪਾਲ ਕਟਾਰੀਆ ਨੂੰ ਭਰੋਸਾ ਦਵਾਇਆ ਕਿ ਪੰਜਾਬ ਅਤੇ ਚੰਡੀਗੜ੍ਹ ਲਈ ਕੇਂਦਰ ਸਰਕਾਰ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਜ਼ਰੂਰੀ ਸਰੋਤ ਉਪਲਬਧ ਕਰਵਾਏ ਜਾਣਗੇ।