ਨੈਸ਼ਨਲ ਡੈਸਕ: ਨੇਪਾਲ ਵਿੱਚ ਪਿਛਲੇ ਕੁਝ ਦਿਨਾਂ ਤੋਂ ਜਾਰੀ ਹਿੰਸਕ ਵਿਰੋਧ ਪ੍ਰਦਰਸ਼ਨ ਹੁਣ ਗੰਭੀਰ ਰੂਪ ਧਾਰ ਚੁੱਕੇ ਹਨ। ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਰਕਾਰ ਵੱਲੋਂ ਲਗਾਈ ਗਈ ਪਾਬੰਦੀ ਦਾ ਵਿਰੋਧ ਕਰ ਰਹੇ ਨੌਜਵਾਨਾਂ ਅਤੇ ਸੁਰੱਖਿਆ ਬਲਾਂ ਵਿਚਕਾਰ ਭਿਆਨਕ ਝੜਪਾਂ ਹੋਈਆਂ ਹਨ। ਇਨ੍ਹਾਂ ਝੜਪਾਂ ਵਿੱਚ ਹੁਣ ਤੱਕ 19 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 300 ਤੋਂ ਵੱਧ ਲੋਕ ਜ਼ਖਮੀ ਹੋਣ ਦੀ ਪੁਸ਼ਟੀ ਹੋਈ ਹੈ। ਹਾਲਾਤ ਬੇਕਾਬੂ ਹੋਣ ਤੋਂ ਬਾਅਦ ਕਾਠਮੰਡੂ ਸਮੇਤ ਕਈ ਵੱਡੇ ਸ਼ਹਿਰਾਂ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ।
ਇਸ ਗੰਭੀਰ ਸਥਿਤੀ ‘ਤੇ ਭਾਰਤ ਦੇ ਵਿਦੇਸ਼ ਮੰਤਰਾਲੇ (MEA) ਨੇ ਆਪਣੀ ਪਹਿਲੀ ਅਧਿਕਾਰਕ ਪ੍ਰਤੀਕਿਰਿਆ ਦਿੱਤੀ ਹੈ। ਬਿਆਨ ਵਿੱਚ ਕਿਹਾ ਗਿਆ ਕਿ ਭਾਰਤ ਨੇਪਾਲ ਵਿੱਚ ਹੋ ਰਹੇ ਹਿੰਸਕ ਘਟਨਾਕ੍ਰਮ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਵਿਰੋਧ ਦੌਰਾਨ ਨੌਜਵਾਨਾਂ ਦੀਆਂ ਜਾਨਾਂ ਜਾਣ ‘ਤੇ ਡੂੰਘਾ ਦੁੱਖ ਪ੍ਰਗਟ ਕਰਦਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ, “ਅਸੀਂ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦੇ ਹਾਂ ਅਤੇ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦੇ ਹਾਂ।”
ਇਸ ਤੋਂ ਇਲਾਵਾ, MEA ਨੇ ਨੇਪਾਲ ਵਿੱਚ ਮੌਜੂਦ ਭਾਰਤੀ ਨਾਗਰਿਕਾਂ ਲਈ ਇੱਕ Advisory ਵੀ ਜਾਰੀ ਕੀਤੀ ਹੈ। ਇਸ ਵਿੱਚ ਸਾਰੇ ਭਾਰਤੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਬਿਨਾਂ ਲੋੜ ਘਰਾਂ ਤੋਂ ਬਾਹਰ ਨਾ ਨਿਕਲਣ, ਸਥਾਨਕ ਪ੍ਰਸ਼ਾਸਨ ਅਤੇ ਨੇਪਾਲੀ ਅਧਿਕਾਰੀਆਂ ਦੁਆਰਾ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਭੀੜ-ਭਾੜ ਵਾਲੇ ਇਲਾਕਿਆਂ ਤੋਂ ਦੂਰ ਰਹਿਣ। ਬਿਆਨ ਵਿੱਚ ਇਹ ਵੀ ਕਿਹਾ ਗਿਆ ਕਿ ਹਾਲਾਤ ਸੰਵੇਦਨਸ਼ੀਲ ਹਨ, ਇਸ ਲਈ ਹਰ ਕਿਸੇ ਨੂੰ ਸਾਵਧਾਨ ਅਤੇ ਚੌਕਸ ਰਹਿਣਾ ਬਹੁਤ ਜ਼ਰੂਰੀ ਹੈ।
ਭਾਰਤੀ ਵਿਦੇਸ਼ ਮੰਤਰਾਲੇ ਨੇ ਨੇਪਾਲ ਨੂੰ ਇੱਕ ਕਰੀਬੀ ਦੋਸਤ ਅਤੇ ਗੁਆਂਢੀ ਦੇਸ਼ ਵਜੋਂ ਸੰਬੋਧਨ ਕਰਦਿਆਂ ਉਮੀਦ ਜਤਾਈ ਕਿ ਸਾਰੇ ਪੱਖ ਸੰਜਮ ਵਰਤਣਗੇ ਅਤੇ ਸੰਵਾਦ ਰਾਹੀਂ ਸ਼ਾਂਤੀਪੂਰਵਕ ਹੱਲ ਲੱਭਣਗੇ। ਬਿਆਨ ਵਿੱਚ ਕਿਹਾ ਗਿਆ ਕਿ ਭਾਰਤ ਨੂੰ ਉਮੀਦ ਹੈ ਕਿ ਜਲਦ ਹੀ ਨੇਪਾਲ ਵਿੱਚ ਹਾਲਾਤ ਕਾਬੂ ‘ਚ ਆ ਜਾਣਗੇ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣੇਗੀ।