ਜਲੰਧਰ – ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਵਿਧਾਇਕ ਪਦਮ ਸ਼੍ਰੀ ਪਰਗਟ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਨਵੰਬਰ ਵਿੱਚ ਮਨਾਏ ਜਾਣ ਵਾਲੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਜਾਣ ਦੀ ਇਜਾਜ਼ਤ ਨਾ ਦੇਣ ਦੇ ਫ਼ੈਸਲੇ ਦੀ ਸਖ਼ਤ ਨਿੰਦਾ ਕੀਤੀ ਹੈ।
ਪਰਗਟ ਸਿੰਘ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਕ੍ਰਿਕਟ ਮੈਚਾਂ ਦੀ ਆਗਿਆ ਦੇ ਸਕਦੀ ਹੈ, ਤਾਂ ਧਾਰਮਿਕ ਮੌਕੇ ‘ਤੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ? ਉਨ੍ਹਾਂ ਕਿਹਾ ਕਿ ਇਹ ਸਿੱਧੀ ਤੌਰ ‘ਤੇ ਸਿੱਖ ਭਾਵਨਾਵਾਂ ਨਾਲ ਖਿਡਵਾਰ ਹੈ।
ਉਨ੍ਹਾਂ ਨੇ ਦਲੀਲ ਦਿੱਤੀ ਕਿ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਸ਼ਰਧਾਲੂਆਂ ਨੂੰ ਰੋਕਣਾ ਨਿਆਂਸੰਗਤ ਨਹੀਂ। ਭਾਵੇਂ ਭਾਰਤ-ਪਾਕਿਸਤਾਨ ਰਿਸ਼ਤਿਆਂ ਵਿੱਚ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਤਣਾਅ ਵਧਿਆ ਹੈ, ਪਰ ਇਹ ਬਹੁਤ ਸੰਵੇਦਨਸ਼ੀਲ ਧਾਰਮਿਕ ਮਾਮਲਾ ਹੈ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਆਦਰ ਕਰਦਿਆਂ ਐਸੀ ਯੋਜਨਾ ਬਣਾਵੇ ਜਿਸ ਨਾਲ ਉਨ੍ਹਾਂ ਦੀ ਸੁਰੱਖਿਆ ਵੀ ਯਕੀਨੀ ਹੋਵੇ ਅਤੇ ਉਹ ਦਰਸ਼ਨਾਂ ਤੋਂ ਵਾਂਝੇ ਵੀ ਨਾ ਰਹਿਣ।
ਪਰਗਟ ਸਿੰਘ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਸਿੱਖ ਜੱਥੇ ਨੂੰ ਨਨਕਾਣਾ ਸਾਹਿਬ ਜਾਣ ਤੋਂ ਰੋਕਿਆ ਜਾ ਰਿਹਾ ਹੈ। ਇਹ ਇਤਿਹਾਸਕ ਮੌਕੇ ‘ਤੇ ਸ਼ਰਧਾਲੂਆਂ ਲਈ ਬਹੁਤ ਦੁਖਦਾਈ ਹੈ।
ਉਨ੍ਹਾਂ ਯਾਦ ਕਰਵਾਇਆ ਕਿ 1950 ਦੇ ਨਹਿਰੂ-ਲਿਆਕਤ ਸਮਝੌਤੇ ਤਹਿਤ ਸਿੱਖ ਸ਼ਰਧਾਲੂਆਂ ਨੂੰ ਸਾਲ ਵਿੱਚ ਚਾਰ ਵੱਡੇ ਮੌਕਿਆਂ ‘ਤੇ ਪਾਕਿਸਤਾਨ ਜਾਣ ਦੀ ਇਜਾਜ਼ਤ ਮਿਲਦੀ ਆਈ ਹੈ—ਵਿਸਾਖੀ, ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਸ਼ਹੀਦੀ ਦਿਵਸ, ਮਹਾਰਾਜਾ ਰਣਜੀਤ ਸਿੰਘ ਦਾ ਸ਼ਹੀਦੀ ਦਿਵਸ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ। ਪਰ ਇਸ ਸਾਲ ਕੇਂਦਰ ਸਰਕਾਰ ਨੇ ਪਹਿਲਾਂ ਮਹਾਰਾਜਾ ਰਣਜੀਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਵਫ਼ਦ ਨੂੰ ਰੋਕਿਆ ਅਤੇ ਹੁਣ ਪ੍ਰਕਾਸ਼ ਪੁਰਬ ਲਈ ਵੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।
ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਸਿੱਖ ਜੱਥਿਆਂ ਨੂੰ ਦਰਸ਼ਨ ਕਰਨ ਲਈ ਜਾਣ ‘ਤੇ ਕੋਈ ਵਿਰੋਧ ਨਹੀਂ ਕੀਤਾ ਜਾਂਦਾ, ਇਸ ਲਈ ਕੇਂਦਰ ਸਰਕਾਰ ਨੂੰ ਵੀ ਆਪਣੇ ਫ਼ੈਸਲੇ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।
ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਪਰਗਟ ਸਿੰਘ ਨੇ ਦੋਹਰੀ ਨੀਤੀ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਜਦੋਂ ਕਾਰੋਬਾਰ ਅਤੇ ਕ੍ਰਿਕਟ ਦੀ ਗੱਲ ਆਉਂਦੀ ਹੈ, ਤਾਂ ਸੁਰੱਖਿਆ ਮੁੱਦੇ ਪਿੱਛੇ ਛੱਡ ਦਿੱਤੇ ਜਾਂਦੇ ਹਨ, ਪਰ ਜਦੋਂ ਧਾਰਮਿਕ ਮਾਮਲਿਆਂ ਦੀ ਗੱਲ ਆਉਂਦੀ ਹੈ ਤਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ।